3704 ਮਾਸਟਰ ਕਾਡਰ ਭਰਤੀ ਮੁਲਤਵੀ, ਨਿਯੁਕਤੀ ਪੱਤਰ ਜਾਰੀ ਕਰਨ ਦੀ ਕਾਰਵਾਈ ਅਗਲੇ ਹੁਕਮਾਂ ਤੱਕ ਰੋਕੀ ਗਈ
ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਮਾਸਟਰ ਕਾਡਰ ਦੀਆਂ 3704 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਵਿੱਚ ਇੱਕ ਨਵਾਂ ਮੋੜ ਆਇਆ ਹੈ। ਵਿਭਾਗ ਵੱਲੋਂ ਜਾਰੀ ਇੱਕ ਜਨਤਕ ਨੋਟਿਸ ਅਨੁਸਾਰ, ਮਿਤੀ 29.03.2025 ਨੂੰ ਨਵੇਂ ਸ਼ਾਮਲ ਹੋਏ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਕਾਰਵਾਈ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਸਿੱਖਿਆ ਵਿਭਾਗ, ਪੰਜਾਬ ਨੇ ਮਾਸਟਰ ਕਾਡਰ ਦੀਆਂ ਵੱਖ-ਵੱਖ ਵਿਸ਼ਿਆਂ ਦੀਆਂ 3704 ਅਸਾਮੀਆਂ ਭਰਨ ਲਈ 28.02.2020 ਅਤੇ 25.10.2020 ਨੂੰ ਇਸ਼ਤਿਹਾਰ ਜਾਰੀ ਕੀਤਾ ਸੀ। ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਵੱਲੋਂ ਜਾਰੀ ਪੱਤਰ ਅਨੁਸਾਰ, ਸਿਵਲ ਰਿੱਟ ਪਟੀਸ਼ਨ ਨੰਬਰ 4264 ਆਫ 2021, ਸਿਕੰਦਰ ਸਿੰਘ ਅਤੇ ਹੋਰ ਬਨਾਮ ਪੰਜਾਬ ਸਰਕਾਰ ਕੇਸ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੀਤੇ ਗਏ ਫੈਸਲੇ ਦੀ ਪਾਲਣਾ ਹਿੱਤ 3704 ਮਾਸਟਰ ਕਾਡਰ ਭਰਤੀ ਦੀਆਂ ਵਿਸ਼ਾਵਾਰ ਸਿਲੈਕਸ਼ਨ ਸੂਚੀਆਂ ਨੂੰ ਮੁੜ ਤੋਂ ਤਿਆਰ ਕੀਤਾ ਗਿਆ ਸੀ।
ਰੀ-ਕਾਸਟ ਕੀਤੀ ਗਈ ਸਿਲੈਕਸ਼ਨ ਸੂਚੀ ਵਿੱਚ ਸ਼ਾਮਲ ਹੋਏ ਨਵੇਂ ਯੋਗ ਉਮੀਦਵਾਰਾਂ ਨੂੰ ਮਿਤੀ 29.03.2025 ਨੂੰ ਨਿਯੁਕਤੀ ਪੱਤਰ ਦੇਣ ਲਈ ਦਫਤਰ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ, ਫੇਜ਼-8, ਐਸ.ਏ.ਐਸ ਨਗਰ ਵਿਖੇ ਬੁਲਾਇਆ ਗਿਆ ਸੀ। ਪਰ ਹੁਣ ਦਫਤਰ ਵੱਲੋਂ ਲਏ ਗਏ ਫੈਸਲੇ ਅਨੁਸਾਰ, ਇਸ ਸੂਚੀ ਵਿੱਚ ਸ਼ਾਮਲ ਹੋਏ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਸਬੰਧੀ ਕਾਰਵਾਈ ਨੂੰ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਗਿਆ ਹੈ।