ਸਕੂਲ ਸਿੱਖਿਆ ਵਿਭਾਗ ਵੱਲੋਂ ਜਾਤੀ ਸੂਚਕ ਸ਼ਬਦ/ਗਾਲੀ ਗਲੋਚ ਅਤੇ ਭੱਦੀ ਸ਼ਬਦਾਵਲੀ ਵਰਤਣ ਦੇ ਦੋਸ਼ੀ ਕਰਮਚਾਰੀ ਨੂੰ ਕੀਤਾ ਮੁਅੱਤਲ
**ਐਸ.ਏ.ਐਸ. ਨਗਰ, 3 ਅਪ੍ਰੈਲ ( ਜਾਬਸ ਆਫ ਟੁਡੇ)ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵਿੱਚ ਇੱਕ ਕਰਮਚਾਰੀ ਨੂੰ ਸੋਸ਼ਲ ਮੀਡੀਆ 'ਤੇ ਅਸ਼ਲੀਲ ਅਤੇ ਜਾਤੀ ਸੂਚਕ ਸ਼ਬਦਾਵਲੀ ਦੀ ਵਰਤੋਂ ਕਰਨ ਕਰਕੇ ਮੁਅੱਤਲ ਕਰ ਦਿੱਤਾ ਗਿਆ ਹੈ।
ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਵੱਲੋਂ ਜਾਰੀ ਇੱਕ ਪੱਤਰ ਅਨੁਸਾਰ, ਇਹ ਕਰਮਚਾਰੀ ( ਹਰਦੀਪ ਸਿੰਘ ) ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਵਿੱਚ ਸੇਵਾਦਾਰ ਵਜੋਂ ਕੰਮ ਕਰ ਰਿਹਾ ਹੈ, ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਪੋਸਟ ਕੀਤੀ ਸੀ। ਇਸ ਵੀਡੀਓ ਵਿੱਚ ਉਨ੍ਹਾਂ ਨੇ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਵਿਰੁੱਧ ਗਾਲੀ-ਗਲੋਚ ਅਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ, ਜਿਸ ਵਿੱਚ ਜਾਤੀ ਸੂਚਕ ਸ਼ਬਦ ਵੀ ਸ਼ਾਮਲ ਸਨ।
ਵਿਭਾਗ ਨੇ ਇਸ ਕਾਰਵਾਈ ਨੂੰ ਸਰਕਾਰੀ ਕਰਮਚਾਰੀ (ਆਚਰਣ) ਨਿਯਮਾਂਵਲੀ 1966 ਦੀ ਘੋਰ ਉਲੰਘਣਾ ਮੰਨਿਆ ਹੈ। ਇਸ ਕਰਕੇ ਸ਼੍ਰੀ ਹਰਦੀਪ ਸਿੰਘ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਮੁਅੱਤਲੀ ਦੇ ਸਮੇਂ ਦੌਰਾਨ, ਉਨ੍ਹਾਂ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਦੇ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਉਨ੍ਹਾਂ ਦਾ ਹੈੱਡਕੁਆਟਰ ਸੇਵਾਵਾਂ-1 ਸ਼ਾਖਾ, ਡੀ.ਐਸ.ਈ. (ਸੈਕੰਡਰੀ) ਪੰਜਾਬ, ਐਸ.ਏ.ਐਸ. ਨਗਰ ਵਿਖੇ ਨਿਸ਼ਚਿਤ ਕੀਤਾ ਗਿਆ ਹੈ।
ਵਿਭਾਗ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਕਰਮਚਾਰੀਆਂ ਨੂੰ ਅਜਿਹੀਆਂ ਕਾਰਵਾਈਆਂ ਤੋਂ ਬਚਣ ਦੀ ਸਲਾਹ ਦਿੱਤੀ ਹੈ।