ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 10 ਮਈ, 2025: ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਨੇ ਸੂਬੇ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਕੈਂਪਸ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਦੀ ਭਲਾਈ ਅਤੇ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਅਹਿਮ ਹਦਾਇਤਾਂ ਜਾਰੀ ਕੀਤੀਆਂ ਹਨ।
ਜਾਰੀ ਕੀਤੇ ਗਏ ਪੱਤਰ ਅਨੁਸਾਰ, ਛੁੱਟੀਆਂ ਦੌਰਾਨ ਵਿਦਿਆਰਥੀ ਘਰ ਵਾਪਸ ਜਾ ਸਕਦੇ ਹਨ, ਪਰ ਕਿਸੇ ਵੀ ਵਿਦਿਆਰਥੀ ਨੂੰ ਸੁਰੱਖਿਆ, ਆਵਾਜਾਈ ਜਾਂ ਨਿੱਜੀ ਕਾਰਨਾਂ ਕਰਕੇ ਅਸਮਰੱਥ ਜਾਂ ਅਣਇੱਛੁਕ ਹੋਣ ਦੀ ਸੂਰਤ ਵਿੱਚ ਕੈਂਪਸ ਛੱਡਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ।
ਜਿੰਨਾ ਚਿਰ ਵਿਦਿਆਰਥੀ ਕੈਂਪਸ ਵਿੱਚ ਰਹਿੰਦੇ ਹਨ, ਉਨ੍ਹਾਂ ਦੀ ਸੁਰੱਖਿਆ, ਦੇਖਭਾਲ ਅਤੇ ਭਲਾਈ ਦੀ ਪੂਰੀ ਜ਼ਿੰਮੇਵਾਰੀ ਸੰਬੰਧਿਤ ਯੂਨੀਵਰਸਿਟੀ ਜਾਂ ਕਾਲਜ ਦੀ ਹੋਵੇਗੀ। ਇਸ ਵਿੱਚ ਰਿਹਾਇਸ਼, ਭੋਜਨ, ਸਿਹਤ ਸੰਭਾਲ ਅਤੇ ਜ਼ਰੂਰੀ ਸੇਵਾਵਾਂ ਸ਼ਾਮਲ ਹਨ।
ਚੱਲ ਰਹੀਆਂ ਜਾਂ ਨਿਰਧਾਰਤ ਪ੍ਰੀਖਿਆਵਾਂ ਦੇ ਮਾਮਲੇ ਵਿੱਚ, ਯੂਨੀਵਰਸਿਟੀਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਰਜ਼ੀ ਦੇ ਵਿਰੁੱਧ ਰੁਕਣ ਲਈ ਮਜਬੂਰ ਨਹੀਂ ਕਰਨਗੀਆਂ। ਜਿਹੜੇ ਵਿਦਿਆਰਥੀ ਮੌਜੂਦਾ ਸਥਿਤੀ ਕਾਰਨ ਘਰ ਵਾਪਸ ਜਾਣ ਦੀ ਚੋਣ ਕਰਦੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਜੁਰਮਾਨੇ ਦੇ ਅਜਿਹਾ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਅਜਿਹੇ ਵਿਦਿਆਰਥੀਆਂ ਲਈ ਪ੍ਰੀਖਿਆਵਾਂ ਮੁੜ ਨਿਰਧਾਰਤ ਕੀਤੀਆਂ ਜਾ ਸਕਦੀਆਂ ਹਨ ਜਾਂ ਬਦਲਵੇਂ ਪ੍ਰਬੰਧ ਕੀਤੇ ਜਾ ਸਕਦੇ ਹਨ।
ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਯੂਨੀਵਰਸਿਟੀਆਂ ਵਿਦਿਆਰਥੀਆਂ ਨਾਲ ਪ੍ਰਭਾਵਸ਼ਾਲੀ ਸੰਚਾਰ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਨੋਡਲ ਅਧਿਕਾਰੀ ਨਿਯੁਕਤ ਕਰਨਗੀਆਂ।
ਵਿਭਾਗ ਨੇ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈਣ 'ਤੇ ਜ਼ੋਰ ਦਿੱਤਾ ਹੈ ਅਤੇ ਕਿਹਾ ਹੈ ਕਿ ਇਸ ਸਬੰਧ ਵਿੱਚ ਕਿਸੇ ਵੀ ਅਣਗਹਿਲੀ ਲਈ ਸੰਬੰਧਿਤ ਯੂਨੀਵਰਸਿਟੀ/ਕਾਲਜ ਦਾ ਪ੍ਰਬੰਧਨ ਨਿੱਜੀ ਤੌਰ 'ਤੇ ਜਵਾਬਦੇਹ ਹੋਵੇਗਾ।
ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਤੁਰੰਤ ਪਾਲਣਾ ਅਤੇ ਜ਼ਰੂਰੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।
