*ਪ੍ਰਾਈਵੇਟ ਸਕੂਲ ਦੇ ਪ੍ਰੀ-ਪ੍ਰਾਇਮਰੀ ਵਿੰਗ ਤੇ ਨਿੱਜੀ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ - ਜ਼ਿਲਾ ਪ੍ਰੋਗਰਾਮ ਅਫ਼ਸਰ*
*- 3-6 ਸਾਲ ਦੇ ਬੱਚਿਆਂ ਦਾ ਸਰਬਪੱਖੀ ਵਿਕਾਸ ਤੇ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣਾ ਮੁੱਖ ਟੀਚਾ*
*- ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਲਿਆ ਫੈਸਲਾ*
ਲੁਧਿਆਣਾ, 04 ਜੂਨ (000) - ਜਿਲ੍ਹਾ ਪ੍ਰੋਗਰਾਮ ਅਫਸਰ ਲੁਧਿਆਣਾ ਗੁਲਬਹਾਰ ਸਿੰਘ ਤੂਰ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਸਾਰੇ ਨਿੱਜੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਨਿੱਜੀ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ।
ਇਸ ਸਬੰਧ ਵਿੱਚ ਮਿਤੀ 1 ਜਨਵਰੀ 2025 ਨੂੰ 3-6 ਸਾਲ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਅਤੇ ਸ਼ੁਰੂਆਤੀ ਬਚਪਨ ਦੀ ਸਿੱਖਿਆ ਅਤੇ ਦੇਖਭਾਲ (ਈ.ਸੀ.ਸੀ.ਈ.) ਕੇਂਦਰਾਂ ਵਿੱਚ ਬੱਚਿਆਂ ਲਈ ਸੁਰੱਖਿਆਤ ਵਾਤਾਵਰਣ ਸਬੰਧੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਨਿੱਜੀ ਸਕੂਲ/ਸੰਸਥਾਂਵਾਂ/ਪਲੇਅ-ਵੇ ਸਕੂਲਾਂ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਜ਼ਿਲ੍ਹਾ ਪ੍ਰੋਗਰਾਮ ਅਫਸਰ ਲੁਧਿਆਣਾ ਗੁਲਬਹਾਰ ਸਿੰਘ ਤੂਰ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ਵਿੱਚ ਕੰਮ ਕਰ ਰਹੀਆਂ ਨਿੱਜੀ ਸੰਸਥਾਂਵਾਂ/ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਕਰਵਾਉਣੀ ਸ਼ੁਰੂ ਕਰ ਦਿੱਤੀ ਗਈ ਹੈ। ਰਜਿਸਟ੍ਰੇਸ਼ਨ ਕਰਵਾਉਣ ਅਤੇ ਵਧੇਰੇ ਜਾਣਕਾਰੀ ਲਈ ਇਨ੍ਹਾਂ ਸੰਸਥਾਂਵਾਂ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਲੁਧਿਆਣਾ, ਸਮਾਜ ਭਲਾਈ ਕੰਪਲੈਕਸ, ਸ਼ਿਮਲਾਪੁਰੀ ਨੇੜੇ ਗਿੱਲ ਨਹਿਰ, ਗਿੱਲ ਰੋਡ ਲੁਧਿਆਣਾ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਨਾਲ ਤਾਲ-ਮੇਲ ਕੀਤਾ ਜਾ ਸਕਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਈਵੇਟ ਪਲੇਅ-ਵੇਅ ਸਕੂਲਾਂ/ਸੰਸਥਾਂਵਾਂ ਦੀ ਰਜਿਸਟ੍ਰੇਸ਼ਨ ਲਈ ਬਿਨੈਕਾਰਾਂ ਨੂੰ ਫਾਰਮ ਨੰਬਰ-1 ਭਰਨਾ ਹੋਵੇਗਾ ਜੋ ਕਿ ਜ਼ਿਲ੍ਹਾ ਲੁਧਿਆਣਾ ਦੇ ਜਿਲਾ ਪ੍ਰੋਗਰਾਮ ਅਫਸਰ ਦੇ ਦਫਤਰ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ. ਦਫਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਇਹ ਵੀ ਦੱਸਿਆ ਕਿ ਇਹ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ ਅਤੇ ਵਿਭਾਗ ਦੇ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ਦੇ ਅਧਿਕਾਰੀਆਂ ਵਲੋਂ ਇਨ੍ਹਾਂ ਨਿੱਜੀ ਸੰਸਥਾਂਵਾਂ/ਪਲੇਅ-ਵੇਅ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਜਾਵੇਗਾ ਅਤੇ ਜੋ ਸੰਸਥਾਂਵਾਂ ਈ.ਸੀ.ਸੀ.ਈ. ਪੋਲਿਸੀ ਦੇ ਮਾਪਦੰਡ ਨੂੰ ਪੂਰਾ ਨਹੀਂ ਕਰਨਗੀਆਂ ਉਨ੍ਹਾਂ ਵਿਰੁੱਧ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।