ਭਗਵੰਤ ਮਾਨ ਨੇ ਜਲ ਸਰੋਤ ਵਿਭਾਗ ਨਾਲ ਉੱਚ ਪੱਧਰੀ ਮੀਟਿੰਗ ਕੀਤੀ, ਇੰਟੀਗ੍ਰੇਟਡ ਸਟੇਟ ਵਾਟਰ ਪਲੈਨ 'ਤੇ ਵਿਚਾਰ-ਚਰਚਾ
ਚੰਡੀਗੜ੍ਹ, 20 ਜੂਨ 2025 (ਜਾਬਸ ਆਫ ਟੁਡੇ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਇੰਟੀਗ੍ਰੇਟਡ ਸਟੇਟ ਵਾਟਰ ਪਲੈਨ (Integrated State Water Plan) ਤਿਆਰ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦੇ ਤਹਿਤ ਬਲਾਕ ਪੱਧਰ 'ਤੇ ਪਾਣੀ ਦੀ ਸੰਭਾਲ ਅਤੇ ਪ੍ਰਬੰਧਨ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਜਾਣਗੀਆਂ।
ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦਾ ਹਰੇਕ ਬੂੰਦ ਪਾਣੀ ਕੀਮਤੀ ਹੈ, ਚਾਹੇ ਉਹ ਸਿੰਚਾਈ ਲਈ ਹੋਵੇ ਜਾਂ ਪੀਣ ਲਈ। ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਸੁਰੱਖਿਅਤ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਮੀਟਿੰਗ ਦੌਰਾਨ ਵੱਖ-ਵੱਖ ਪਹਿਲਕਦਮੀਆਂ 'ਤੇ ਵੀ ਗਹਿਰੀ ਚਰਚਾ ਹੋਈ, ਜਿਸ ਵਿੱਚ ਸਿੰਚਾਈ ਪ੍ਰਬੰਧਨ, ਕੰਟਰੋਲ ਅਤੇ ਨਿਕਾਸ ਸਿਸਟਮ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ ਸ਼ਾਮਲ ਸਨ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਯੋਜਨਾ ਨੂੰ ਜਲਦ ਤੋਂ ਜਲਦ ਲਾਗੂ ਕਰਨ ਲਈ ਕੰਮ ਸ਼ੁਰੂ ਕੀਤਾ ਜਾਵੇ, ਤਾਂ ਜੋ ਪੰਜਾਬ ਦੇ ਕਿਸਾਨਾਂ ਅਤੇ ਆਮ ਜਨਤਾ ਨੂੰ ਪਾਣੀ ਦੀ ਸਹੂਲਤ ਮਿਲ ਸਕੇ। ਮੀਟਿੰਗ ਦੌਰਾਨ ਭਗਵੰਤ ਮਾਨ ਨੇ ਪੰਜਾਬ ਨੂੰ ਪਾਣੀ ਸੰਬੰਧੀ ਸੰਕਟ ਤੋਂ ਬਚਾਉਣ ਲਈ ਸਬੰਧਤ ਵਿਭਾਗਾਂ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।
