ਮੌਸਮ ਵਿਭਾਗ ਵੱਲੋਂ ਦਿੱਤੀ ਚੇਤਾਵਨੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੈਣ ਵਾਲੀ ਲੂਅ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ
ਗਰਮੀ ਕਾਰਨ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਹੋਣ ’ਤੇ ਡਾਕਟਰੀ ਸਲਾਹ ਜ਼ਰੂਰ ਲਈ ਜਾਵੇ: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ
ਗਰਮੀ ਅਤੇ ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ: ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ
ਘਰ ਤੋਂ ਬਾਹਰ ਜਾਣ ਸਮੇਂ ਪਾਣੀ ਅਤੇ ਸੂਤੀ ਕੱਪੜਾ ਨਾਲ ਲੈ ਕੇ ਜਾਣ ਨਾਲ ਲੂਅ ਲੱਗਣ ਤੋਂ ਬਚਿਆ ਜਾ ਸਕਦਾ ਹੈ: ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ
ਸ੍ਰੀ ਮੁਕਤਸਰ ਸਾਹਿਬ, 09 ਜੂਨ ( ਜਾਬਸ ਆਫ ਟੁਡੇ)
ਮੌਸਮ ਵਿਭਾਗ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਦਾ ਪ੍ਰਕੋਪ ਹੋਰ ਵਧ ਸਕਦਾ ਹੈ ਅਤੇ ਗਰਮ ਹਵਾਵਾਂ ਨਾਲ ਲੂਅ ਲੱਗਣ ਨਾਲ ਲੋਕ ਬੀਮਾਰ ਹੋ ਸਕਦੇ ਹਨ। ਇਸ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਗਰਮੀ ਅਤੇ ਲੂਅ ਤੋਂ ਬਚਣ ਲਈ ਅਤੇ ਤੰਦਰੁਸਤ ਰਹਿਣ ਲਈ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ ਅਤੇ ਗਰਮੀ ਕਾਰਨ ਕਿਸੇ ਤਰ੍ਹਾਂ ਦੀ ਸਿਹਤ ਸਮੱਸਿਆ ਹੋਣ ’ਤੇ ਡਾਕਟਰੀ ਸਲਾਹ ਲੈਣ ਲਈ ਅਪੀਲ ਕੀਤੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਬਹੁਤ ਜਿਆਦਾ ਗਰਮੀ ਪੈ ਰਹੀ ਅਤੇ ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧ ਸਕਦੀ ਹੈ ਗਰਮ ਹਵਾਵਾਂ ਚੱਲ ਸਕਦੀਆਂ ਹਨ ਜਿਸ ਕਾਰਨ ਦੁਪਿਹਰ ਸਮੇਂ ਧੁੱਪ ਵਿਚ ਜਾਣ ਨਾਲ ਲੂਅ ਲੱਗ ਸਕਦੀ ਹੈ। ਆਮ ਤੌਰ ’ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ (ਹੀਟ ਸਟ੍ਰੋਕ) ਬਹੁਤ ਖਤਰਨਾਕ ਬੀਮਾਰੀ ਹੈ। ਬੱਚਿਆਂ ਅਤੇ ਬਜੁਰਗਾਂ, ਗਰਭਵਤੀ ਔਰਤਾਂ, ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾੜੀਆਂ ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ। ਇਸ ਦੇ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਅਤੇ ਰੇਲਵੇ ਸਟੇਸ਼ਨਾਂ ਉੱਤੇ ਰਹਿਣ ਵਾਲੇ ਲੋਕ ਇਸ ਦਾ ਜਲਦੀ ਸ਼ਿਕਾਰ ਹੋ ਸਕਦੇ ਹਨ।
ਉਨਾਂ ਦੱਸਿਆ ਕਿ ਲੂਅ ਲੱਗਣ ਨਾਲ ਸਰੀਰ ਨੂੰ ਬੇਚੈਨੀ ਅਤੇ ਘਬਰਾਹਟ ਹੋ ਸਕਦੀ ਹੈ ਅਤੇ ਜਿਆਦਾ ਸਮਾਂ ਧੁੱਪ ਵਿੱਚ ਰਹਿਣ ਨਾਲ ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾ, ਚੱਕਰ ਖਾ ਕੇ ਡਿੱਗ ਪੈਣਾ, ਗੱਲ ਸਮਝਣ ਵਿਚ ਮੁਸ਼ਕਲ ਆਉਣੀ, ਚਿੜਚਿੜਾਪਣ, ਜੁਬਾਨ ਦਾ ਲੜਖੜਾਉਣਾ, ਤੁਰਨ ਸਮੇਂ ਲੜਖੜਾਉਣਾ, ਦੌਰਾ ਪੈਣਾ ਆਦਿ ਹੋ ਸਕਦੇ ਹਨ।
ਇਸ ਲਈ ਲੂਅ ਲੱਗਣ ਦੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਉਸਦੇ ਕੱਪੜੇ ਢਿੱਲੇ ਕਰ ਦਿੱਤੇ ਜਾਣ, ਪੀਣ ਲਈ ਤਰਲ ਪਦਾਰਥ ਦਿੱਤਾ ਜਾਵੇ, ਸਰੀਰ ਦੇ ਤਾਪਮਾਨ ਨੂੰ ਘੱਟ ਕਰਨ ਦੇ ਲਈ ਠੰਢੇ ਪਾਣੀ ਦੀਆਂ ਪੱਟੀਆਂ ਕੀਤੀਆਂ ਜਾਣ ਅਤੇ ਠੰਡੇ ਪਾਣੀ ਦੇ ਛਿੱਟੇ ਮਾਰੇ ਜਾਣ ਅਤੇ ਤੁਰੰਤ ਡਾਕਟਰ ਨੂੰ ਚੈੱਕਅੱਪ ਕਰਵਾ ਕੇ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਆਪ ਮੁਹਾਰੇ ਦਵਾਈਆਂ ਦਾ ਪ੍ਰਯੋਗ ਨਾ ਕੀਤਾ ਜਾਵੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਰਮੀ ’ਚ ਲੂਅ ਤੋਂ ਬਚਣ ਦੇ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ ਜਿਵੇਂ ਕਿ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਜ਼ਿਆਦਾ ਮਾਤਰਾ ਵਿੱਚ ਪਾਣੀ ਪੀਤਾ ਜਾਵੇ, ਸੂਤੀ, ਹਲਕੇ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ, ਤਰਲ ਪਦਾਰਥਾਂ ਜਿਵੇਂ ਪਾਣੀ, ਨਿੰਬੂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ ਅਤੇ ਦੁਪਹਿਰ ਦੇ ਵੇਲੇ ਘਰ ਵਿੱਚ ਹੀ ਰਿਹਾ ਜਾਵੇ ਅਤੇ ਘਰ ਤੋਂ ਬਾਹਰ ਬਹੁਤ ਜਿਆਦਾ ਜਰੂਰੀ ਹੋਣ ‘ਤੇ ਹੀ ਨਿਕਲਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਅਤੇ ਬਜ਼ਾਰ ਦੇ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ, ਕੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚ ਬੈਠਣ ਤੋਂ ਬਾਅਦ ਇੱਕ ਦਮ ਧੁੱਪ ਵਿੱਚ ਨਾ ਨਿਕਲਿਆ ਜਾਵੇ।
ਸਾਡੇ ਨਾਲ ਜੁੜੋ / Follow Us:
WhatsApp Group 3 Official WhatsApp Channel ( PUNJAB NEWS ONLINE)Twitter Telegram
ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਸਿਹਤ ਵਿਭਾਗ ਦੁਆਰਾ ਲੂਅ ਤੋਂ ਬਚਣ ਲਈ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਮਲ ਵਿੱਚ ਲਿਆ ਕੇ ਘਰ ਵਿੱਚ ਰਹੋ, ਸੁਰੱਖਿਅਤ ਰਹੋ ਤੇ ਸਵਸਥ ਰਹੋ। ਉਹਨਾਂ ਕਿਹਾ ਕਿ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਉਹਨਾਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਕਿਹਾ ਕਿ ਆਪਣੇ ਅਧੀਨ ਏਰੀਆ ਵਿੱਚ ਸਿਹਤ ਸਟਾਫ ਅਤੇ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਦੇ ਸਹਿਯੋਗ ਨਾਲੇ ਆਮ ਜਨਤਾ ਨੂੰ ਲੂਅ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਵੀ ਅਪੀਲ ਕੀਤੀ ਕਿ ਲੋਕ ਹਿੱਤਾਂ ਵਿਚ ਆਮ ਲੋਕਾਂ ਨੂੰ ਲੂਅ ਤੋਂ ਬਚਣ ਲਈ ਜਾਗਰੂਕ ਕਰਨ ਵਿਚ ਸਹਿਯੋਗ ਕੀਤਾ ਜਾਵੇ।