ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ਦੀ ਆਖਰੀ ਮਿਤੀ 20 ਅਗਸਤ ਤੱਕ ਵਧਾਈ
ਚੰਡੀਗੜ੍ਹ, 02 ਅਗਸਤ, 2025:
ਪੰਜਾਬ ਸਰਕਾਰ ਨੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਸਾਲ 2025 ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਦੀ ਆਖਰੀ ਮਿਤੀ ਵਿੱਚ ਇੱਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਹੁਣ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ 20 ਅਗਸਤ, 2025 ਤੱਕ ਕੀਤੀਆਂ ਜਾ ਸਕਣਗੀਆਂ। ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਲਿਆ ਗਿਆ ਹੈ।
ਇਸ ਸਬੰਧੀ ਪ੍ਰਸੋਨਲ ਵਿਭਾਗ (ਪ੍ਰਸੋਨਲ ਪਾਲਿਸੀ-2 ਸ਼ਾਖਾ) ਵੱਲੋਂ ਇੱਕ ਪੱਤਰ ਜਾਰੀ ਕਰਕੇ ਸੂਬੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਬੋਰਡਾਂ/ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਸੂਚਿਤ ਕੀਤਾ ਗਿਆ ਹੈ। ਪੱਤਰ ਅਨੁਸਾਰ, ਪਹਿਲਾਂ ਬਦਲੀਆਂ ਕਰਨ ਦੀ ਸਮਾਂ ਸੀਮਾ 23 ਜੂਨ, 2025 ਨਿਰਧਾਰਿਤ ਕੀਤੀ ਗਈ ਸੀ, ਜਿਸ ਨੂੰ ਬਾਅਦ ਵਿੱਚ 01 ਅਗਸਤ, 2025 ਤੱਕ ਵਧਾ ਦਿੱਤਾ ਗਿਆ ਸੀ। ਹੁਣ ਇਸ ਨੂੰ ਮੁੜ ਵਧਾ ਕੇ 20 ਅਗਸਤ, 2025 ਕਰ ਦਿੱਤਾ ਗਿਆ ਹੈ।
ਸਰਕਾਰੀ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ 20 ਅਗਸਤ, 2025 ਤੋਂ ਬਾਅਦ ਬਦਲੀਆਂ ਲਈ ਆਨਲਾਈਨ ਪੋਰਟਲ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਜੇਕਰ ਕੋਈ ਬਦਲੀ ਜਾਂ ਤੈਨਾਤੀ ਕਰਨੀ ਹੋਵੇਗੀ, ਤਾਂ ਉਹ ਵਿਭਾਗ ਵੱਲੋਂ 23.04.2018 ਨੂੰ ਜਾਰੀ ਕੀਤੀ ਗਈ ਨੀਤੀ ਦੇ ਅਨੁਸਾਰ ਹੀ ਕੀਤੀ ਜਾ ਸਕੇਗੀ। ਸਰਕਾਰ ਦੇ ਇਸ ਫੈਸਲੇ ਨਾਲ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਾਹਤ ਮਿਲੀ ਹੈ ਜਿਨ੍ਹਾਂ ਦੀਆਂ ਬਦਲੀਆਂ ਹਾਲੇ ਤੱਕ ਨਹੀਂ ਹੋ ਸਕੀਆਂ ਸਨ।