NMMSS ਅਤੇ PSTSE ਪ੍ਰੀਖਿਆਵਾਂ ਦੇ ਸਮੇਂ ਵਿੱਚ ਬਦਲਾਅ, ਹੁਣ ਇਸ ਸਮੇਂ ਹੋਵੇਗੀ ਪ੍ਰੀਖਿਆ
ਐਸ.ਏ.ਐਸ. ਨਗਰ, 1 ਜਨਵਰੀ 2026
ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT), ਪੰਜਾਬ ਵੱਲੋਂ ਵਿਦਿਆਰਥੀਆਂ ਲਈ ਇੱਕ ਜ਼ਰੂਰੀ ਜਨਤਕ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਰਾਜ ਵਿੱਚ 04 ਜਨਵਰੀ 2026 (ਐਤਵਾਰ) ਨੂੰ ਹੋਣ ਵਾਲੀਆਂ NMMSS (ਅੱਠਵੀਂ ਸ਼੍ਰੇਣੀ ਲਈ) ਅਤੇ PSTSE (ਅੱਠਵੀਂ ਅਤੇ ਦਸਵੀਂ ਸ਼੍ਰੇਣੀ ਲਈ) ਪ੍ਰੀਖਿਆਵਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।
ਮੌਸਮ ਦੀ ਖਰਾਬੀ ਅਤੇ ਸਰਦੀ ਨੂੰ ਧਿਆਨ ਵਿੱਚ ਰੱਖਦੇ ਹੋਏ, ਹੁਣ ਇਹ ਪ੍ਰੀਖਿਆਵਾਂ ਸਵੇਰੇ 11:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲਈਆਂ ਜਾਣਗੀਆਂ।
ਦੱਸਣਯੋਗ ਹੈ ਕਿ ਇਹ ਫੈਸਲਾ ਮੌਜੂਦਾ ਮੌਸਮ ਦੇ ਹਾਲਾਤਾਂ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ ਤਾਂ ਜੋ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰੀਸ਼ਦ ਦੇ ਡਾਇਰੈਕਟਰ ਵੱਲੋਂ ਜਾਰੀ ਕੀਤੇ ਗਏ ਇਸ ਨੋਟਿਸ ਰਾਹੀਂ ਸਮੂਹ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਨਵੇਂ ਸਮੇਂ ਅਨੁਸਾਰ ਪ੍ਰੀਖਿਆ ਕੇਂਦਰਾਂ 'ਤੇ ਪਹੁੰਚਣ ਦੀ ਹਦਾਇਤ ਕੀਤੀ ਗਈ ਹੈ।
