ਚੰਡੀਗੜ੍ਹ, 13 ਜੁਲਾਈ :-ਪੰਜਾਬ ਦੇ ਸਕੂਲਾਂ ਲਈ ਆਇਆ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦਾ ਵੱਡਾ ਫ਼ੈਸਲਾ

 ਭਗਵੰਤ ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ 'ਤੇ ਰੋਕ

ਪੰਜਾਬ ਸਰਕਾਰ ਵੱਲੋਂ ਫੀਸ ਰੈਗੂਲੇਸ਼ਨ ਆਰਡੀਨੈਂਸ 2026 ਲਾਗੂ; ਹੁਣ ਪ੍ਰਾਈਵੇਟ ਸਕੂਲ ਸਾਲਾਨਾ 5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੇ ਤਿੰਨ ਸਾਲਾਂ ਦੌਰਾਨ ਜੇ ਕਿਸੇ ਪ੍ਰਾਈਵੇਟ ਸਕੂਲ ਨੇ ਕੁੱਲ ਮਿਲਾ ਕੇ 15% ਤੋਂ ਵੱਧ ਫੀਸ ਵਧਾਈ ਹੈ ਤਾਂ ਵਸੂਲੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ: ਮੁੱਖ ਮੰਤਰੀ

ਪੰਜਾਬ ਦੇ 7,800 ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵੱਡੀ ਰਾਹਤ: ਮੁੱਖ ਮੰਤਰੀ

ਸਾਰੇ ਪ੍ਰਾਈਵੇਟ ਸਕੂਲਾਂ ਨੂੰ ਅਗਲੇ 10 ਦਿਨਾਂ ਅੰਦਰ ਪਿਛਲੇ ਚਾਰ ਸਾਲਾਂ ਦੀ ਫੀਸ ਦਾ ਪੂਰਾ ਵੇਰਵਾ ਸਰਕਾਰੀ ਪੋਰਟਲ 'ਤੇ ਅੱਪਲੋਡ ਕਰਨਾ ਲਾਜ਼ਮੀ

ਆਵਾਜਾਈ, ਬਿਲਡਿੰਗ ਫੰਡ ਅਤੇ ਹੋਰ ਸਾਰੇ ਚਾਰਜ ਵੀ ਹੁਣ ਟਿਊਸ਼ਨ ਫੀਸ ਦਾ ਹਿੱਸਾ ਮੰਨੇ ਜਾਣਗੇ

ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ 'ਤੇ ਪਹਿਲੀ ਵਾਰ ₹50,000, ਦੂਜੀ ਵਾਰ ₹1 ਲੱਖ ਜੁਰਮਾਨਾ ਅਤੇ ਤੀਜੀ ਵਾਰ ਮਾਨਤਾ ਰੱਦ ਕੀਤੀ ਜਾਵੇਗੀ

ਸਿੱਖਿਆ ਨੂੰ ਕਾਰੋਬਾਰ ਨਹੀਂ ਬਣਨ ਦਿੱਤਾ ਜਾਵੇਗਾ; ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਰੈਗੂਲੇਟਰੀ ਕਮੇਟੀ ਫੀਸ ਵਾਧੇ ਦੀ ਜਾਂਚ ਕਰੇਗੀ: ਮੁੱਖ ਮੰਤਰੀ

:

32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 'ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026' ਜਾਰੀ ਕਰਕੇ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ ਸਖ਼ਤ ਨਿਯੰਤਰਣ ਲਾਗੂ ਕਰ ਦਿੱਤਾ ਹੈ।

ਇਸ ਆਰਡੀਨੈਂਸ ਤਹਿਤ ਸਾਲਾਨਾ ਫੀਸ ਵਾਧਾ ਵੱਧ ਤੋਂ ਵੱਧ 5 ਫੀਸਦੀ ਤੱਕ ਸੀਮਿਤ ਰਹੇਗਾ। ਜੇ ਪਿਛਲੇ ਤਿੰਨ ਸਾਲਾਂ ਵਿੱਚ ਕਿਸੇ ਸਕੂਲ ਨੇ ਕੁੱਲ ਮਿਲਾ ਕੇ 15 ਫੀਸਦੀ ਤੋਂ ਵੱਧ ਫੀਸ ਵਧਾਈ ਹੈ ਤਾਂ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਨੀ ਹੋਵੇਗੀ। ਇਸ ਤੋਂ ਇਲਾਵਾ ਆਵਾਜਾਈ, ਬਿਲਡਿੰਗ ਫੰਡ ਅਤੇ ਹੋਰ ਸਾਰੇ ਚਾਰਜ ਵੀ ਫੀਸ ਦਾ ਹੀ ਹਿੱਸਾ ਮੰਨੇ ਜਾਣਗੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਨੂੰ ਕਿਸੇ ਵੀ ਕੀਮਤ 'ਤੇ ਕਾਰੋਬਾਰ ਨਹੀਂ ਬਣਨ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਰੈਗੂਲੇਟਰੀ ਕਮੇਟੀਆਂ ਹਰ ਫੀਸ ਵਾਧੇ ਦੀ ਜਾਂਚ ਕਰਨਗੀਆਂ। ਸਾਰੇ ਪ੍ਰਾਈਵੇਟ ਸਕੂਲਾਂ ਨੂੰ ਅਗਲੇ 10 ਦਿਨਾਂ ਵਿੱਚ ਪਿਛਲੇ ਚਾਰ ਸਾਲਾਂ ਦੀ ਫੀਸ ਦਾ ਪੂਰਾ ਰਿਕਾਰਡ ਸਰਕਾਰੀ ਪੋਰਟਲ 'ਤੇ ਅੱਪਲੋਡ ਕਰਨਾ ਹੋਵੇਗਾ।

ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਰਾਜਪਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਰਡੀਨੈਂਸ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਅੱਜ ਤੋਂ ਹੀ ਲਾਗੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਨਿਰਧਾਰਤ ਸਮਾਂ ਪੂਰਾ ਹੋਣ ਤੋਂ ਬਾਅਦ ਜੇ ਕੋਈ ਸਕੂਲ ਵੱਧ ਫੀਸ ਵਸੂਲਦਾ ਪਾਇਆ ਗਿਆ ਤਾਂ ਉਸ ਨੂੰ ਉਹ ਰਕਮ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ।

ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਮਨਮਰਜ਼ੀ ਨਾਲ ਫੀਸ ਵਸੂਲਣ ਦੀ ਛੂਟ ਦਿੱਤੀ, ਜਿਸ ਨਾਲ ਸਿੱਖਿਆ ਪ੍ਰਣਾਲੀ ਨੂੰ ਨੁਕਸਾਨ ਪਹੁੰਚਿਆ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਈ ਵੀ ਸਿੱਖਿਆ ਸੰਸਥਾ ਸਿੱਖਿਆ ਦੇ ਨਾਮ 'ਤੇ ਮੁਨਾਫ਼ਾਖੋਰੀ ਨਹੀਂ ਕਰ ਸਕਦੀ।

ਉਨ੍ਹਾਂ ਕਿਹਾ ਕਿ ਸਕੂਲਾਂ ਵੱਲੋਂ ਹਰ ਤਰੀਕੇ ਨਾਲ ਵਸੂਲੀ ਗਈ ਫੀਸ ਦੀ ਫੋਰੈਂਸਿਕ ਆਡਿਟ ਕਰਵਾਈ ਜਾਵੇਗੀ ਤਾਂ ਜੋ ਅਸਲ ਰਕਮ ਦਾ ਪਤਾ ਲੱਗ ਸਕੇ ਅਤੇ ਮਨਮਾਨੀ ਫੀਸ ਵਾਧੇ 'ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ 5 ਫੀਸਦੀ ਤੋਂ ਵੱਧ ਫੀਸ ਵਧਾਉਣ ਲਈ ਰੈਗੂਲੇਟਰੀ ਅਥਾਰਟੀ ਦੀ ਪਹਿਲਾਂ ਤੋਂ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪ੍ਰਾਈਵੇਟ ਸਕੂਲਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਏਗਾ ਅਤੇ ਲੱਖਾਂ ਪਰਿਵਾਰਾਂ ਨੂੰ ਬੇਲੋੜੇ ਵਿੱਤੀ ਬੋਝ ਤੋਂ ਰਾਹਤ ਦੇਵੇਗਾ।

ਉਨ੍ਹਾਂ ਇਸ ਨੂੰ ਸਿੱਖਿਆ ਖੇਤਰ ਵਿੱਚ ਇੱਕ ਇਤਿਹਾਸਕ ਸੁਧਾਰ ਦੱਸਦਿਆਂ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਿੱਖਿਆ ਇੱਕ ਪਵਿੱਤਰ ਅਤੇ ਸਮਾਜਿਕ ਸੇਵਾ ਹੈ, ਇਸ ਨੂੰ ਵਪਾਰ ਨਹੀਂ ਬਣਨ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਕਰੀਬ 7,800 ਪ੍ਰਾਈਵੇਟ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਇਹ ਆਰਡੀਨੈਂਸ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਕੇਰਲ ਨੂੰ ਵੀ ਪਿੱਛੇ ਛੱਡਿਆ ਹੈ।

ਆਰਡੀਨੈਂਸ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। ਪਹਿਲੀ ਵਾਰ ਨਿਯਮ ਤੋੜਣ 'ਤੇ ₹50,000, ਦੂਜੀ ਵਾਰ ₹1 ਲੱਖ ਜੁਰਮਾਨਾ ਲੱਗੇਗਾ, ਜਦਕਿ ਤੀਜੀ ਵਾਰ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ ਅਤੇ ਹੋਰ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਮਾਪਿਆਂ ਤੋਂ ਕਿਸੇ ਵੀ ਨਾਮ ਹੇਠ ਵਸੂਲੀ ਜਾਣ ਵਾਲੀ ਹਰ ਰਕਮ ਨੂੰ ਫੀਸ ਦਾ ਹੀ ਹਿੱਸਾ ਮੰਨਿਆ ਜਾਵੇਗਾ। ਪਿਛਲੇ ਤਿੰਨ ਸਾਲਾਂ ਦੌਰਾਨ ਵਸੂਲੀ ਗਈ ਵਾਧੂ ਫੀਸ ਮਾਪਿਆਂ ਨੂੰ ਵਾਪਸ ਕਰਨੀ ਲਾਜ਼ਮੀ ਹੋਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ


ਚੱਲ ਰਹੀਆਂ ਗਲਤ ਪ੍ਰਥਾਵਾਂ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿਦਿਆਰਥੀਆਂ ਤੋਂ ਵਸੂਲੇ ਜਾਣ ਵਾਲੇ ਟਰਾਂਸਪੋਰਟ ਚਾਰਜ, ਬਿਲਡਿੰਗ ਫੰਡ ਅਤੇ ਹੋਰ ਸਾਰੇ ਖਰਚੇ ਵੀ ਹੁਣ ਨਿਯਮਾਂ ਅਧੀਨ ਆਉਣਗੇ। ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਰੈਗੂਲੇਟਰੀ ਕਮੇਟੀ ਹਰ ਫੀਸ ਵਾਧੇ ਦੀ ਜਾਂਚ ਕਰਕੇ ਉਸ ਬਾਰੇ ਫੈਸਲਾ ਲਵੇਗੀ।

Share post to friends:

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends