*ਜੈ ਕ੍ਰਿਸ਼ਨ ਸਿੰਘ ਰੌੜੀ ਦੇ ਘਰ ਦਾ ਘਿਰਾਓ 12 ਸਤੰਬਰ ਨੂੰ*
*ਦਾਣਾ ਮੰਡੀ ਤੋਂ ਡਿਪਟੀ ਸਪੀਕਰ ਦੇ ਘਰ ਤੱਕ ਰੋਸ ਮਾਰਚ ਕੀਤਾ ਜਾਵੇਗਾ - ਦੌੜਕਾ*
ਨਵਾਂ ਸ਼ਹਿਰ 10 ਸਤੰਬਰ 2026 ( ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸੂਬਾਈ ਸਾਂਝੀ ਤਾਲਮੇਲ ਕਮੇਟੀ ਵਲੋਂ ਮੰਤਰੀਆਂ ਦੇ ਦਫਤਰਾਂ/ਘਰਾਂ ਦੇ ਘਿਰਾਓ ਦੇ ਦਿੱਤੇ ਸੱਦੇ ਤਹਿਤ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਘਰ ਦੇ ਘਿਰਾਓ ਦੇ ਪ੍ਰਬੰਧਾਂ ਲਈ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਜਿਲ੍ਹਾ ਹੁਸ਼ਿਆਰਪੁਰ ਦੀਆਂ ਤਾਲਮੇਲ ਕਮੇਟੀਆਂ ਦੀ ਸਾਂਝੀ ਮੀਟਿੰਗ ਮੱਖਣ ਸਿੰਘ ਵਾਹਿਦਪੁਰੀ ਦੀ ਪ੍ਰਧਾਨਗੀ ਹੇਠ ਕੀਤੀ ਗਈ।
ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਤਾਲਮੇਲ ਕਮੇਟੀ ਦੇ ਆਗੂਆਂ ਕੁਲਦੀਪ ਸਿੰਘ ਦੌੜਕਾ, ਮੁਕੇਸ਼ ਕੁਮਾਰ, ਵਿਜੇ ਕੁਮਾਰ, ਕੁਲਵਿੰਦਰ ਸਿੰਘ ਅਟਵਾਲ, ਮਦਨ ਲਾਲ, ਹੰਸ ਰਾਜ, ਕਮਲ ਦੇਵ, ਗੁਰਦਿਆਲ ਸਿੰਘ, ਸੁਖਦੇਵ ਡਾਨਸੀਵਾਲ, ਜਗਦੀਸ਼ ਕੁਮਾਰ, ਵਿਨੋਦ ਕੁਮਾਰ, ਕਮਲਜੀਤ ਆਦਿ ਨੇ ਦੱਸਿਆ ਕਿ ਮੀਟਿੰਗ ਵਿੱਚ 12 ਸਤੰਬਰ ਨੂੰ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਘਰ ਅਤੇ ਦਫਤਰ ਦਾ ਘਿਰਾਓ ਕਰਨ ਬਾਰੇ ਵਿਸਤਾਰ ਨਾਲ ਚਰਚਾ ਕਰਦਿਆਂ ਵਿਉਂਤਬੰਦੀ ਕੀਤੀ ਗਈ ਅਤੇ ਘਿਰਾਓ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੰਦਿਆਂ ਵੱਖ- ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਆਗੂਆਂ ਨੇ ਦੱਸਿਆ ਕਿ ਦਾਣਾ ਮੰਡੀ ਤੋਂ ਡਿਪਟੀ ਸਪੀਕਰ ਦੇ ਘਰ ਤੱਕ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਦੋਹਾਂ ਜ਼ਿਲ੍ਹਿਆ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡਿਪਟੀ ਸਪੀਕਰ ਦੇ ਘਰ ਦੇ ਘਿਰਾਓ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
