ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ: ਬਨੂੜ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਅੱਤਲ
ਚੰਡੀਗੜ੍ਹ 24 ਅਕਤੂਬਰ 2026 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਕੰਮ ਵਿੱਚ ਲਾਪਰਵਾਹੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (BPEO) ਬਨੂੜਮ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਹੁਕਮ ਸਿੱਖਿਆ ਵਿਭਾਗ ਦੇ ਸਕੱਤਰ ਸੋਨਾਲੀ ਗਿਰੀ (ਆਈ.ਏ.ਐਸ.) ਵੱਲੋਂ ਜਾਰੀ ਕੀਤੇ ਗਏ ਹਨ।
ਮੁਅੱਤਲੀ ਦੇ ਮੁੱਖ ਕਾਰਨ
ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਬੀਪੀਈਓ ਵਿਰੁੱਧ ਹੇਠ ਲਿਖੇ ਗੰਭੀਰ ਦੋਸ਼ ਲਗਾਏ ਗਏ ਹਨ:
- ਸਰਕਾਰੀ ਪ੍ਰਾਇਮਰੀ ਸਕੂਲ ਦੇ ਇੱਕ ਅਧਿਆਪਕ ਮੁਅੱਤਲੀ ਦੌਰਾਨ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਕੇ ਗਲਤ ਲਾਭ ਦਿੱਤੇ ਜਾਣ ਦਾ ਮਾਮਲਾ।
- ਬਤੌਰ ਸਰਕਾਰੀ ਗਵਾਹ ਗਲਤ ਬਿਆਨ ਦਰਜ ਕਰਵਾਉਣਾ।
- ਮੁੱਢਲੀ ਪੜਤਾਲ ਦੌਰਾਨ ਸਹਿਯੋਗ ਨਾ ਕਰਨਾ ਅਤੇ ਸੰਬੰਧਿਤ ਰਿਕਾਰਡ ਪੇਸ਼ ਨਾ ਕਰਨਾ।
- ਗਲਤ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਗੁੰਮਰਾਹ ਕਰਨਾ ਅਤੇ ਅਸਲ ਤੱਥਾਂ ਨੂੰ ਛੁਪਾਉਣਾ।
ਨਿਯਮਾਂ ਅਧੀਨ ਕਾਰਵਾਈ ਅਤੇ ਹੈੱਡਕੁਆਰਟਰ
ਇਨ੍ਹਾਂ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ, ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਵਲੀ 1970 ਦੇ ਨਿਯਮ 4(1) ਤਹਿਤ ਜਾਂਚ ਪੈਂਡਿੰਗ ਰੱਖਦਿਆਂ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਦੇ ਸਮੇਂ ਦੌਰਾਨ ਉਨ੍ਹਾਂ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਨਿਰਧਾਰਤ ਕੀਤਾ ਗਿਆ ਹੈ। ਨਿਯਮਾਂ ਅਨੁਸਾਰ ਮੁਅੱਤਲੀ ਦੌਰਾਨ ਉਨ੍ਹਾਂ ਨੂੰ ਗੁਜ਼ਾਰਾ ਭੱਤਾ ਮਿਲਣਯੋਗ ਹੋਵੇਗਾ।
