ਬਲਾਕ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਕੌੜੀ ਵਿਖੇ ਕਰਵਾਏ ਗਏ
ਬਲਾਕ ਖੰਨਾ-2 ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਲਿਆ ਭਾਗ
ਸੈਂਟਰ ਬਾਹੋਮਾਜਰਾ ਦੇ ਸਮੂਹ ਸਟਾਫ਼ ਵੱਲੋਂ ਕੀਤੇ ਸ਼ਾਨਦਾਰ ਪ੍ਰਬੰਧਾਂ ਦੀ ਹੋਈ ਸ਼ਲਾਘਾ
ਖੰਨਾ: ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਲਾਕ ਖੰਨਾ-2 ਦੇ ਬਲਾਕ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਕੌੜੀ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
ਇਨ੍ਹਾਂ ਮੁਕਾਬਲਿਆਂ ਦਾ ਆਯੋਜਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ ਰਣਜੋਧ ਸਿੰਘ ਦੀ ਅਗਵਾਈ ਅਤੇ ਨੋਡਲ ਅਫ਼ਸਰ ਸ੍ਰੀ ਇੰਦਰਜੀਤ ਸਿੰਗਲਾ ਦੀ ਦੇਖ-ਰੇਖ ਹੇਠ ਕੀਤਾ ਗਿਆ। ਇਸ ਮੌਕੇ ਬਲਾਕ ਕੋਆਰਡੀਨੇਟਰ ਸ੍ਰੀ ਕੁਲਵਿੰਦਰ ਸਿੰਘ ਅਤੇ ਸ੍ਰੀ ਰੁਪਿੰਦਰ ਸਿੰਘ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ।
ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੂੰ ਦੋ ਵਰਗਾਂ ਵਿੱਚ ਵੰਡਿਆ ਗਿਆ। ਪਹਿਲੇ ਵਰਗ ਵਿੱਚ ਪ੍ਰੀ-ਪ੍ਰਾਇਮਰੀ ਤੋਂ ਦੂਜੀ ਜਮਾਤ ਅਤੇ ਦੂਜੇ ਵਰਗ ਵਿੱਚ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਸੁੰਦਰ ਲਿਖਾਈ, ਬਾਲ ਗੀਤ, ਕਹਾਣੀ ਸੁਣਾਉਣਾ, ਚਿੱਤਰਕਲਾ, ਆਮ ਗਿਆਨ, ਲੋਕ ਗੀਤ, ਪਹਾੜੇ ਉਚਾਰਨ, ਪੜ੍ਹਨ ਦੇ ਮੁਕਾਬਲੇ, ਭਾਸ਼ਣ, ਤਸਵੀਰ ਦੇਖ ਕੇ ਸਵਾਲਾਂ ਦੇ ਜਵਾਬ ਦੇਣਾ ਅਤੇ ਬੇਕਾਰ ਸਮੱਗਰੀ ਤੋਂ ਉਪਯੋਗੀ ਵਸਤੂਆਂ ਤਿਆਰ ਕਰਨ ਵਰਗੇ ਵੱਖ-ਵੱਖ ਮੁਕਾਬਲੇ ਕਰਵਾਏ ਗਏ।
ਇਸ ਤੋਂ ਇਲਾਵਾ ਅਧਿਆਪਕਾਂ ਲਈ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਸ਼ਿਆਂ ਦੇ ਸੁੰਦਰ ਲਿਖਾਈ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਣੀ ਪ੍ਰਤਿਭਾ, ਰਚਨਾਤਮਕਤਾ ਅਤੇ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ ਰਣਜੋਧ ਸਿੰਘ ਨੇ ਕਿਹਾ ਕਿ ਸਹਿ-ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੀਆਂ ਗਤੀਵਿਧੀਆਂ ਨਾਲ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਰਚਨਾਤਮਕ ਸੋਚ, ਅਨੁਸ਼ਾਸਨ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
ਨੋਡਲ ਅਫ਼ਸਰ ਸ੍ਰੀ ਇੰਦਰਜੀਤ ਸਿੰਗਲਾ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਬਲਾਕ ਕੋਆਰਡੀਨੇਟਰ ਸ੍ਰੀ ਕੁਲਵਿੰਦਰ ਸਿੰਘ ਅਤੇ ਸ੍ਰੀ ਰੁਪਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਇਸ ਸਮਾਗਮ ਦੇ ਸਫ਼ਲ ਆਯੋਜਨ ਵਿੱਚ ਸੈਂਟਰ ਬਾਹੋਮਾਜਰਾ ਦੇ ਸਮੂਹ ਸਟਾਫ਼ ਵੱਲੋਂ ਬਹੁਤ ਹੀ ਸੁਚੱਜੇ ਅਤੇ ਸ਼ਲਾਘਾਯੋਗ ਪ੍ਰਬੰਧ ਕੀਤੇ ਗਏ। ਵਿਸ਼ੇਸ਼ ਤੌਰ 'ਤੇ ਸਰਕਾਰੀ ਪ੍ਰਾਇਮਰੀ ਸਕੂਲ ਕੌੜੀ ਦੇ ਸਮੂਹ ਸਟਾਫ਼ ਵੱਲੋਂ ਸਮਾਗਮ ਦੀਆਂ ਤਿਆਰੀਆਂ, ਮਹਿਮਾਨਾਂ ਦੀ ਆਓ-ਭਗਤ ਅਤੇ ਲੰਗਰ ਦੀ ਸੇਵਾ ਲਈ ਬਹੁਤ ਹੀ ਵਧੀਆ ਪ੍ਰਬੰਧ ਕੀਤੇ ਗਏ, ਜਿਨ੍ਹਾਂ ਦੀ ਹਾਜ਼ਰ ਅਧਿਕਾਰੀਆਂ ਅਤੇ ਅਧਿਆਪਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ।
ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਸ੍ਰੀ ਬੇਅੰਤ ਸਿੰਘ ਵੱਲੋਂ ਬਹੁਤ ਹੀ ਸੁਚੱਜੇ, ਪ੍ਰਭਾਵਸ਼ਾਲੀ ਅਤੇ ਸ਼ਾਨਦਾਰ ਢੰਗ ਨਾਲ ਨਿਭਾਈ ਗਈ। ਉਨ੍ਹਾਂ ਨੇ ਆਪਣੀ ਬਿਹਤਰੀਨ ਮੰਚ ਸੰਚਾਲਨ ਕਲਾ ਨਾਲ ਸਮੁੱਚੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਇਆ।
ਇਸ ਮੌਕੇ ਬਲਾਕ ਦੇ ਸਮੂਹ ਸੈਂਟਰ ਹੈੱਡ ਟੀਚਰਾਂ, ਜਿਨ੍ਹਾਂ ਵਿੱਚ ਗਲੈਕਸੀ ਸੋਫਤ, ਲਖਵਿੰਦਰ ਕੌਰ, ਭੁਪਿੰਦਰ ਤ੍ਰਿਵੇਦੀ ਅਤੇ ਅਮਰਜੀਤ ਕੌਰ ਸਮੇਤ ਸਮੂਹ ਹੈੱਡ ਟੀਚਰਾਂ ਅਤੇ ਅਧਿਆਪਕਾਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਅਤੇ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ।ਲੰਗਰ ਦੀ ਸੇਵਾ ਲਖਵੀਰ ਸਿੰਘ ਖਾਲਸਾ ਜੀ ਨੇ ਕੀਤੀ।
ਅੰਤ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ ਰਣਜੋਧ ਸਿੰਘ ਨੇ ਸੈਂਟਰ ਬਾਹੋਮਾਜਰਾ ਦੇ ਸਮੂਹ ਸਟਾਫ਼, ਸਰਕਾਰੀ ਪ੍ਰਾਇਮਰੀ ਸਕੂਲ ਕੌੜੀ ਦੇ ਸਮੂਹ ਸਟਾਫ਼, ਬਲਾਕ ਦੇ ਸਮੂਹ ਸੈਂਟਰ ਹੈੱਡ ਟੀਚਰਾਂ, ਹੈੱਡ ਟੀਚਰਾਂ ਅਤੇ ਅਧਿਆਪਕਾਂ ਦੇ ਸਹਿਯੋਗ ਅਤੇ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਸਾਰਿਆਂ ਨੂੰ ਸਮਾਗਮ ਦੇ ਸਫ਼ਲ ਆਯੋਜਨ ਲਈ ਵਧਾਈ ਦਿੱਤੀ ਅਤੇ ਧੰਨਵਾਦ ਕੀਤਾ।
